1984 ਵਿੱਚ ਹੋਏ ਸਿੱਖ ਕਤਲੇਆਮ ਦੇ ਪੀੜ੍ਹਤ 34 ਸਾਲ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਸਨ। ਅੱਜ ਯਾਨੀ 17 ਦਸੰਬਰ ਨੂੰ ਦਿੱਲੀ ਹਾਈਕੋਰਟ ਨੇ ਇਤਿਹਾਸਕ ਫ਼ੈਸਲਾ ਸੁਣਾਇਆ ਕਿ 1 ਨਵੰਬਰ 1984 ਨੂੰ ਇੱਕੋ ਪਰਿਵਾਰ ਦੇ ਪੰਜ ਜੀਆਂ ਦੇ ਭੀੜ ਵੱਲੋਂ ਕਤਲ ਕੀਤੇ ਜਾਣ ਵਿੱਚ ਕਾਂਗਰਸ ਆਗੂ ਸੱਜਣ ਕੁਮਾਰ ਦੋਸ਼ੀ ਸਨ।ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਦੌਰਾਨ ਦਿੱਲੀ ਸਣੇ ਮੁਲਕ ਦੇ ਕਈ ਸ਼ਹਿਰਾਂ ਵਿੱਚ ਹੋਏ ਸਿੱਖ ਕਤਲੇਆਮ ਵਿੱਚ ਕਾਂਗਰਸ ਦੇ ਕਈ ਵੱਡੇ ਆਗੂਆਂ ਦੇ ਨਾਂ ਸਾਹਮਣੇ ਆਏ ਸਨ।

ਦਿੱਲੀ ਕੈਂਟ ਦੇ ਇਸ ਮਾਮਲੇ ‘ਚ ਹਾਈ ਕੋਰਟ ਦੀ ਡਬਲ ਬੇਂਚ ਨੇ ਇਹ ਫੈਸਲਾ ਸੁਣਾਇਆ ਹੈ. ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਅਤੇ ਪੰਜ ਲੱਖ ਰੁਪਏ ਜੁਰਮਾਨਾ ਸੁਣਾਇਆ ਗਿਆ. ਹਾਲਾਂਕਿ ਇਸੇ ਮਾਮਲੇ ‘ਚ ਹੇਠਲੀ ਅਦਾਲਤ ਨੇ ਪਹਿਲਾਂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ. ਪਰ ਅੱਜ ਫੈਸਲਾ ਸੁਣਾਉਂਦੇ ਹੋਏ ਜਸਟਿਸ ਐਸ.ਮੁਰਲੀਧਰ ਅਤੇ ਵਿਨੋਦ ਗੋਇਲ ਨੇ ਸੱਜਣ ਕੁਮਾਰ ਨੂੰ ਹਤਿਆ, ਦੰਗੇ ਭੜਕਾਉਣ ਅਤੇ ਭੜਕਾਊ ਭਾਸ਼ਣ ਦੇਣ ਦਾ ਦੋਸ਼ੀ ਪਾਇਆ। ਫੈਸਲਾ ਸੁਣਾਉਂਦੇ ਹੋਏ ਜੱਜ ਨੇ ਕਿਹਾ,”ਇਹ ਆਜ਼ਾਦੀ ਤੋਂ ਬਾਦ ਸਭ ਤੋਂ ਹਿੰਸਕ ਘਟਨਾ ਸੀ, ਇਸ ਦੌਰਾਨ ਪੂਰਾ ਤੰਤਰ ਫੇਲ ਹੋ ਗਿਆ, ਹਿੰਸਾ ਆਪਣੇ ਸਿਆਸੀ ਫਾਇਦੇ ਲਈ ਕੀਤੀ ਗਈ ਅਤੇ ਸੱਜਣ ਕੁਮਾਰ ਨੇ ਦੰਗਾ ਭੜਕਾਇਆ ਹੈ.”

ਉਕਤ ਮਾਮਲੇ ਵਿੱਚ ਸੱਜਣ ਕੁਮਾਰ ਤੋਂ ਇਲਾਵਾ ਰਿਟਾਇਰ ਨੇਵੀ ਅਧਿਕਾਰੀ ਕੈਪਟਨ ਭਾਗਮਲ, ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ, ਗਿਰਧਾਰੀ ਲਾਲ, ਸਾਬਕਾ ਵਿਧਾਇਕ ਮਹੇਂਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ ਵੀ ਹਾਈ ਕੋਰਟ ਨੇ 10-10 ਸਾਲ ਦੀ ਸਜ਼ਾ ਸੁਣਾਈ ਹੈ.

ਗੌਤਮ ਕਪਿਲ