ਅੱਜ ਆਖਾਂ ਵਾਰਸ ਸ਼ਾਹ ਨੂੰ - Punjabi Kavita - Amrita Pritam

ਅਮ੍ਰਿਤਾ ਪ੍ਰੀਤਮ ਪੰਜਾਬ ਦੀ ਮਹਾਨ ਕਵਿਤਰੀ ਅਤੇ ਲੇਖਿਕਾ ਸਨ, ਜਿਨ੍ਹਾਂ ਨੂੰ "ਪੰਜਾਬ ਦੀ ਆਤਮਾ ਦੀ ਆਵਾਜ਼" ਕਿਹਾ ਜਾਂਦਾ ਹੈ। ਉਹਦੀ ਕਵਿਤਾ "ਅੱਜ ਆਖਾਂ ਵਾਰਿਸ ਸ਼ਾਹ ਨੂੰ" ਵੰਡ ਦੇ ਦਰਦ ਨੂੰ ਦੁਨੀਆ ਸਾਹਮਣੇ ਰੱਖਦੀ ਹੈ। ਉਹ ਪਹਿਲੀ ਭਾਰਤੀ ਮਹਿਲਾ ਕਵਿਤਰੀ ਸੀ ਜਿਸ ਨੂੰ ਸਾਹਿਤ ਅਕਾਦਮੀ ਇਨਾਮ ਮਿਲਿਆ।

Sep 9, 2025 - 14:54
 0  68  0

Share -

ਅੱਜ ਆਖਾਂ ਵਾਰਸ ਸ਼ਾਹ ਨੂੰ - Punjabi Kavita - Amrita Pritam
Ajj Aakhan Waris Shah Nu - Punjabi Kavita - Amrita Pritam

ਅੱਜ ਆਖਾਂ ਵਾਰਸ ਸ਼ਾਹ ਨੂੰ ਕਿਤੋਂ ਕਬਰਾਂ ਵਿਚੋਂ ਬੋਲ !
ਤੇ ਅੱਜ ਕਿਤਾਬੇ-ਇਸ਼ਕ ਦਾ ਕੋਈ ਅਗਲਾ ਵਰਕਾ ਫੋਲ !
ਇਕ ਰੋਈ ਸੀ ਧੀ ਪੰਜਾਬ ਦੀ ਤੂੰ ਲਿਖ ਲਿਖ ਮਾਰੇ ਵੈਣ
ਅੱਜ ਲੱਖਾਂ ਧੀਆਂ ਰੋਂਦੀਆਂ ਤੈਨੂੰ ਵਾਰਿਸ ਸ਼ਾਹ ਨੂੰ ਕਹਿਣ:

ਉਠ ਦਰਦਮੰਦਾਂ ਦਿਆ ਦਰਦਦੀਆ ! ਉਠ ਤੱਕ ਆਪਣਾ ਪੰਜਾਬ
ਅੱਜ ਬੇਲੇ ਲਾਸ਼ਾਂ ਵਿਛੀਆਂ ਤੇ ਲਹੂ ਦੀ ਭਰੀ ਚਨਾਬ
ਕਿਸੇ ਨੇ ਪੰਜਾਂ ਪਾਣੀਆਂ ਵਿੱਚ ਦਿੱਤੀ ਜ਼ਹਿਰ ਰਲਾ
ਤੇ ਉਹਨਾ ਪਾਣੀਆਂ ਧਰਤ ਨੂੰ ਦਿੱਤਾ ਪਾਣੀ ਲਾ

ਇਸ ਜ਼ਰਖੇਜ਼ ਜ਼ਮੀਨ ਦੇ ਲੂੰ ਲੂੰ ਫੁਟਿਆ ਜ਼ਹਿਰ
ਗਿਠ ਗਿਠ ਚੜ੍ਹੀਆਂ ਲਾਲੀਆਂ ਫੁੱਟ ਫੁੱਟ ਚੜ੍ਹਿਆ ਕਹਿਰ
ਵਿਹੁ ਵਲਿੱਸੀ ਵਾ ਫਿਰ ਵਣ ਵਣ ਵੱਗੀ ਜਾ
ਉਹਨੇ ਹਰ ਇਕ ਵਾਂਸ ਦੀ ਵੰਝਲੀ ਦਿੱਤੀ ਨਾਗ ਬਣਾ

ਪਹਿਲਾ ਡੰਗ ਮਦਾਰੀਆਂ ਮੰਤ੍ਰ ਗਏ ਗੁਆਚ
ਦੂਜੇ ਡੰਗ ਦੀ ਲੱਗ ਗਈ ਜਣੇ ਖਣੇ ਨੂੰ ਲਾਗ
ਲਾਗਾਂ ਕੀਲੇ ਲੋਕ ਮੂੰਹ ਬੱਸ ਫਿਰ ਡੰਗ ਹੀ ਡੰਗ
ਪਲੋ ਪਲੀ ਪੰਜਾਬ ਦੇ ਨੀਲੇ ਪੈ ਗਏ ਅੰਗ

ਗਲਿਓਂ ਟੁੱਟੇ ਗੀਤ ਫਿਰ ਤ੍ਰਕਲਿਓਂ ਟੁੱਟੀ ਤੰਦ
ਤ੍ਰਿੰਜਣੋ ਟੁੱਟੀਆਂ ਸਹੇਲੀਆਂ ਚਰੱਖੜੇ ਘੂਕਰ ਬੰਦ
ਸਣੇ ਸੇਜ ਦੇ ਬੇੜੀਆਂ ਲੁੱਡਣ ਦਿੱਤੀਆਂ ਰੋੜ੍ਹ
ਸਣੇ ਡਾਲੀਆਂ ਪੀਂਘ ਅੱਜ ਪਿੱਪਲਾਂ ਦਿੱਤੀ ਤੋੜ

ਜਿਥੇ ਵਜਦੀ ਸੀ ਫੂਕ ਪਿਆਰ ਦੀ ਵੇ ਉਹ ਵੰਝਲੀ ਗਈ ਗੁਆਚ
ਰਾਂਝੇ ਦੇ ਸਭ ਵੀਰ ਅੱਜ ਭੁੱਲ ਗਏ ਉਸਦੀ ਜਾਚ
ਧਰਤੀ ਤੇ ਲਹੂ ਵੱਸਿਆ ਕਬਰਾਂ ਪਈਆਂ ਚੋਣ
ਪ੍ਰੀਤ ਦੀਆਂ ਸ਼ਾਹਜ਼ਾਦੀਆਂ ਅੱਜ ਵਿੱਚ ਮਜ਼ਾਰਾਂ ਰੋਣ

ਅੱਜ ਸੱਭੇ ਕੈਦੋ ਬਣ ਗਏ, ਹੁਸਨ ਇਸ਼ਕ ਦੇ ਚੋਰ
ਅੱਜ ਕਿਥੋਂ ਲਿਆਈਏ ਲੱਭ ਕੇ ਵਾਰਿਸ ਸ਼ਾਹ ਇਕ ਹੋਰ

ਅੱਜ ਆਖਾਂ ਵਾਰਸ ਸ਼ਾਹ ਨੂੰ ਤੂੰਹੇਂ ਕਬਰਾਂ ਵਿਚੋਂ ਬੋਲ !
ਤੇ ਅੱਜ ਕਿਤਾਬੇ ਇਸ਼ਕ ਦਾ ਕੋਈ ਅਗਲਾ ਵਰਕਾ ਫੋਲ !

What's Your Reaction?

like

dislike

love

funny

angry

sad

wow