ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ: 20 ਕਿਲੋ ਹੈਰੋਇਨ ਸਮੇਤ ਚਾਰ ਤਸਕਰ ਗ੍ਰਿਫ਼ਤਾਰ; ਇੱਕ ਹਫ਼ਤੇ ’ਚ ਕੁੱਲ ਬਰਾਮਦਗੀ 74 ਕਿਲੋ ਤੱਕ ਪੁੱਜੀ
ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਚਾਰ ਨਸ਼ਾ ਤਸਕਰਾਂ ਨੂੰ 20 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਸਰਹੱਦੀ ਪੱਟੀ ਵਿੱਚ ਵਿੱਢੀ ਗਈ ਲਗਾਤਾਰ ਚੌਕਸੀ ਮੁਹਿੰਮ ਦੌਰਾਨ ਮਹਿਜ਼ ਇੱਕ ਹਫ਼ਤੇ ਦੇ ਅੰਦਰ ਜ਼ਬਤ ਕੀਤੀ ਗਈ ਹੈਰੋਇਨ ਦਾ ਕੁੱਲ ਅੰਕੜਾ ਹੁਣ 74 ਕਿਲੋਗ੍ਰਾਮ ਤੱਕ ਪਹੁੰਚ ਗਿਆ ਹੈ। ਮੁੱਢਲੀ ਜਾਂਚ ਅਨੁਸਾਰ ਇਹ ਖੇਪ ਡਰੋਨਾਂ ਰਾਹੀਂ ਪਾਕਿਸਤਾਨੀ ਤਸਕਰਾਂ ਵੱਲੋਂ ਸਰਹੱਦ ਪਾਰੋਂ ਭਾਰਤੀ ਖੇਤਰ ਵਿੱਚ ਪਹੁੰਚਾਈ ਗਈ ਸੀ, ਜਿਸ ਨੂੰ ਵੱਖ-ਵੱਖ ਥਾਵਾਂ ’ਤੇ ਸਪਲਾਈ ਕੀਤਾ ਜਾਣਾ ਸੀ।
ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਖ਼ਿਲਾਫ਼ ਚੱਲ ਰਹੇ ਵੱਡੇ ਆਪ੍ਰੇਸ਼ਨ ਦੌਰਾਨ ਇੱਕ ਹੋਰ ਕਾਮਯਾਬੀ ਹਾਸਲ ਕਰਦਿਆਂ ਚਾਰ ਸਰਗਰਮ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲੀਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 20 ਕਿਲੋਗ੍ਰਾਮ ਉੱਚ-ਗੁਣਵੱਤਾ ਵਾਲੀ ਹੈਰੋਇਨ ਬਰਾਮਦ ਕੀਤੀ ਹੈ। ਇਸ ਤਾਜ਼ਾ ਕਾਰਵਾਈ ਦੇ ਨਾਲ ਹੀ ਪੁਲੀਸ ਵੱਲੋਂ ਪਿਛਲੇ ਇੱਕ ਹਫ਼ਤੇ ਦੌਰਾਨ ਸਰਹੱਦੀ ਜ਼ਿਲ੍ਹੇ ਵਿੱਚੋਂ ਜ਼ਬਤ ਕੀਤੀ ਗਈ ਹੈਰੋਇਨ ਦੀ ਕੁੱਲ ਮਾਤਰਾ ਵਧ ਕੇ 74 ਕਿਲੋਗ੍ਰਾਮ ਹੋ ਗਈ ਹੈ।
ਸੀਨੀਅਰ ਪੁਲੀਸ ਅਧਿਕਾਰੀਆਂ ਅਨੁਸਾਰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ੇ ਦੀ ਵੱਡੀ ਖੇਪ ਨੂੰ ਲੈ ਕੇ ਚਾਰ ਮੁਲਜ਼ਮ ਇੱਕ ਨਿਰਧਾਰਿਤ ਰੂਟ ਰਾਹੀਂ ਅੱਗੇ ਪਹੁੰਚਾਉਣ ਦੀ ਫਿ਼ਰਾਕ ਵਿੱਚ ਹਨ। ਸੂਚਨਾ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਦੀਆਂ ਵਿਸ਼ੇਸ਼ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਯੋਜਨਾਬੱਧ ਨਾਕਾਬੰਦੀ ਕੀਤੀ। ਸ਼ੱਕੀ ਵਾਹਨ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਗੱਡੀ ਵਿੱਚ ਛੁਪਾਏ ਹੋਏ ਪੈਕੇਟਾਂ ਵਿੱਚੋਂ 20 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਉਪਰੰਤ ਚਾਰਾਂ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਹਿਰਾਸਤ ਵਿੱਚ ਲੈ ਲਿਆ ਗਿਆ।
ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਸਰਹੱਦੀ ਖੇਤਰਾਂ ਵਿੱਚੋਂ ਡਰੋਨ ਰਾਹੀਂ ਸੁੱਟੀ ਜਾਣ ਵਾਲੀ ਹੈਰੋਇਨ ਨੂੰ ਇਕੱਠਾ ਕਰਕੇ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਸਪਲਾਈ ਕਰਨ ਵਾਲੇ ਸੰਗਠਿਤ ਗਿਰੋਹ ਦਾ ਅਹਿਮ ਹਿੱਸਾ ਹਨ। ਪੁਲੀਸ ਨੇ ਮੁਲਜ਼ਮਾਂ ਕੋਲੋਂ ਗੱਡੀ ਅਤੇ ਮੋਬਾਈਲ ਫ਼ੋਨ ਜ਼ਬਤ ਕਰ ਲਏ ਹਨ, ਜਿਨ੍ਹਾਂ ਦੇ ਕਾਲ ਡਿਟੇਲ ਰਿਕਾਰਡ ਅਤੇ ਐਨਕ੍ਰਿਪਟਡ ਮੈਸੇਜਿੰਗ ਐਪਸ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਹਫ਼ਤੇ ਅੰਦਰ 74 ਕਿਲੋ ਹੈਰੋਇਨ ਫੜੀ ਜਾਣਾ ਦਰਸਾਉਂਦਾ ਹੈ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਤਸਕਰੀ ਦੀਆਂ ਕੋਸ਼ਿਸ਼ਾਂ ਤੇਜ਼ ਹੋਈਆਂ ਹਨ, ਪਰ ਪੰਜਾਬ ਪੁਲੀਸ ਦੀਆਂ ਖ਼ੁਫ਼ੀਆ ਇਕਾਈਆਂ ਲਗਾਤਾਰ ਚੌਕਸ ਹਨ। ਪੁਲੀਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸਐੱਸਓਸੀ) ਅੰਮ੍ਰਿਤਸਰ ਵਿਖੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਅਤੇ ਵਿੱਤੀ ਲਿੰਕਾਂ ਦਾ ਮੁਕੰਮਲ ਖ਼ੁਲਾਸਾ ਕੀਤਾ ਜਾ ਸਕੇ।
What's Your Reaction?