ਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਬੀਬੀ ਜਗੀਰ ਕੌਰ ਦੀ ਚੋਣ ਵਿੱਚ ਹਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਹਾਰਨ ਤੋਂ ਬਾਅਦ ਅੱਜ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਲਾਸ਼ਾਂ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਇਨ੍ਹਾਂ ਅੰਦਰੋਂ ਜ਼ਮੀਰਾਂ ਮਰ ਚੁੱਕੀਆਂ ਹਨ।
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਵਿੱਚ, ਹਰਜਿੰਦਰ ਸਿੰਘ ਧਾਮੀ ਨੇ ਚੌਥੀ ਵਾਰ ਪ੍ਰਧਾਨ ਦਾ ਅਹੁਦਾ ਹਾਸਲ ਕੀਤਾ। ਉਸ ਦੇ ਮੁਕਾਬਲੇ 'ਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ। ਚੋਣ ਵਿੱਚ ਧਾਮੀ ਨੇ 107 ਵੋਟਾਂ ਪ੍ਰਾਪਤ ਕੀਤੀਆਂ ਜਦਕਿ ਜਗੀਰ ਕੌਰ ਨੂੰ 33 ਵੋਟਾਂ ਮਿਲੀਆਂ। ਚੋਣ ਸਮਾਗਮ ਦੌਰਾਨ 142 ਮੈਂਬਰਾਂ ਨੇ ਆਪਣੀ ਵੋਟ ਦਾ ਹੱਕ ਅਦਾ ਕੀਤਾ। ਇਸ ਮੌਕੇ 'ਤੇ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡਵਾਲਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਚੁਣੀ ਗਈ 11 ਮੈਂਬਰੀ ਕਮੇਟੀ ਵਿੱਚ ਵੱਖ-ਵੱਖ ਮੁਹਤਬੀਕ ਮੈਂਬਰ ਸ਼ਾਮਲ ਹਨ। ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਹੋਰ ਸ਼੍ਰੋਮਣੀ ਕਮੇਟੀ ਦੇ ਗ੍ਰੰਥੀ ਸਾਹਿਬਾਨ ਵੀ ਮੌਜੂਦ ਸਨ। ਹਾਲਾਂਕਿ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਇਸ ਮੌਕੇ 'ਤੇ ਹਾਜ਼ਰ ਨਹੀਂ ਸਨ। ਆਖਿਰ ਵਿੱਚ ਕੁਲਵੰਤ ਸਿੰਘ ਮੰਨਣ ਨੂੰ ਆਨਰੇਰੀ ਮੁੱਖ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ। ਪ੍ਰਬੰਧਕ ਕਮੇਟੀ ਦੇ ਇਸ ਹਾਊਸ ਵਿੱਚ ਕੁੱਲ 148 ਮੈਂਬਰ ਹਨ ਜਿਨ੍ਹਾਂ ਵਿੱਚੋਂ ਅੱਜ 142 ਨੇ ਵੋਟ ਪਾਈ।