ਕੰਗਨਾ ਰਣੌਤ ਮਾਣਹਾਨੀ ਮਾਮਲਾ: ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਈ ਅਦਾਕਾਰਾ, ਸਰਕਾਰੀ ਗਵਾਹ ਤੋਂ ਹੋਈ ਜਿਰ੍ਹਾ
ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਖ਼ਿਲਾਫ਼ ਕੀਤੀ ਗਈ ਵਿਵਾਦਤ ਟਿੱਪਣੀ ਨਾਲ ਸਬੰਧਤ ਮਾਣਹਾਨੀ ਕੇਸ ਵਿੱਚ ਬਾਲੀਵੁੱਡ ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਈ। ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਵੱਲੋਂ ਸਰਕਾਰੀ ਗਵਾਹ ਤੋਂ ਵਿਸਥਾਰਤ ਜਿਰ੍ਹਾ ਕੀਤੀ ਗਈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ ਅਗਲੀ ਤਾਰੀਖ਼ ਤੈਅ ਕਰਦਿਆਂ ਬਾਕੀ ਗਵਾਹਾਂ ਨੂੰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਮਹਿਲਾ ਕਿਸਾਨ ਮਾਤਾ ਮਹਿੰਦਰ ਕੌਰ ਵਿਰੁੱਧ ਸੋਸ਼ਲ ਮੀਡੀਆ ’ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਦਾਇਰ ਅਪਰਾਧਿਕ ਮਾਣਹਾਨੀ ਕੇਸ ਵਿੱਚ ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਈ।
ਸੁਣਵਾਈ ਦੌਰਾਨ ਅਦਾਲਤੀ ਕਾਰਵਾਈ ਵਿੱਚ ਸ਼ਾਮਲ ਸਰਕਾਰੀ ਗਵਾਹ ਦੇ ਬਿਆਨਾਂ ਨੂੰ ਲੈ ਕੇ ਬਚਾਅ ਪੱਖ ਦੇ ਵਕੀਲਾਂ ਵੱਲੋਂ ਲੰਮੀ ਜਿਰ੍ਹਾ (ਕਰੌਸ-ਐਗਜ਼ਾਮੀਨੇਸ਼ਨ) ਕੀਤੀ ਗਈ। ਇਸ ਦੌਰਾਨ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਸਮੱਗਰੀ, ਟਵੀਟ ਦੀ ਤਸਦੀਕ ਅਤੇ ਮਾਮਲੇ ਨਾਲ ਸਬੰਧਤ ਤੱਥਾਂ ਬਾਰੇ ਵਕੀਲਾਂ ਵੱਲੋਂ ਕਈ ਸਵਾਲ-ਜਵਾਬ ਕੀਤੇ ਗਏ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਗਲੇਰੀ ਕਾਰਵਾਈ ਲਈ ਅਗਲੀ ਤਰੀਕ ਨਿਰਧਾਰਿਤ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਬਜ਼ੁਰਗ ਔਰਤ ਮਾਤਾ ਮਹਿੰਦਰ ਕੌਰ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਉਨ੍ਹਾਂ ਦੀ ਤੁਲਨਾ ਸ਼ਾਹੀਨ ਬਾਗ ਵਾਲੀ ਬਿਲਕੀਸ ਬਾਨੋ ਨਾਲ ਕੀਤੀ ਸੀ ਅਤੇ 100-100 ਰੁਪਏ ਲੈ ਕੇ ਧਰਨਿਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲਾਏ ਸਨ। ਇਸ ਤੋਂ ਬਾਅਦ ਮਾਤਾ ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ਵਿੱਚ ਕੰਗਨਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
ਇਸ ਮਾਮਲੇ ਵਿੱਚ ਕੰਗਨਾ ਰਣੌਤ ਵੱਲੋਂ ਨਿੱਜੀ ਪੇਸ਼ੀ ਤੋਂ ਛੋਟ ਦੀਆਂ ਅਰਜ਼ੀਆਂ ਵੀ ਦਾਇਰ ਕੀਤੀਆਂ ਜਾਂਦੀਆਂ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰੀ ਭਰਨ ਦੀ ਇਜਾਜ਼ਤ ਮਿਲੀ ਹੋਈ ਹੈ। ਮਾਤਾ ਮਹਿੰਦਰ ਕੌਰ ਦੇ ਵਕੀਲ ਨੇ ਕਿਹਾ ਕਿ ਉਹ ਬਜ਼ੁਰਗ ਮਾਤਾ ਦੇ ਸਨਮਾਨ ਅਤੇ ਸੱਚ ਦੀ ਲੜਾਈ ਅਦਾਲਤ ਵਿੱਚ ਪੂਰੀ ਮਜ਼ਬੂਤੀ ਨਾਲ ਲੜ ਰਹੇ ਹਨ ਅਤੇ ਦੋਸ਼ੀ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਲਈ ਕਾਰਵਾਈ ਜਾਰੀ ਰੱਖੀ ਜਾਵੇਗੀ।
What's Your Reaction?