ਲੁਧਿਆਣਾ ਪ੍ਰਾਪਰਟੀ ਡੀਲਰ ਕਤਲਕਾਂਡ 'ਚ ਪੁਲਿਸ ਨੂੰ ਵੱਡੀ ਸਫ਼ਲਤਾ, 2 ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ ਦੇ ਸੁਤੰਤਰ ਨਗਰ (ਟਿੱਬਾ ਰੋਡ) ਵਿੱਚ ਪ੍ਰਾਪਰਟੀ ਡੀਲਰ ਹਰਜਿੰਦਰ ਸਿੰਘ ਦੇ ਸ਼ਰੇਆਮ ਹੋਏ ਕਤਲ ਮਾਮਲੇ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਲੁਧਿਆਣਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ ਉਰਫ਼ ਬੌਬੀ ਅਤੇ ਮੋਹਿਤ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9mm ਗਲੋਕ ਪਿਸਤੌਲ ਬਰਾਮਦ ਕੀਤੀ ਹੈ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਇਹ ਕਤਲ ਸੁਪਾਰੀ ਸ਼ੂਟਰਾਂ ਵੱਲੋਂ ਕਰਵਾਇਆ ਗਿਆ ਹੈ।
ਲੁਧਿਆਣਾ ਦੇ ਟਿੱਬਾ ਰੋਡ ਸਥਿਤ ਸੁਤੰਤਰ ਨਗਰ ਇਲਾਕੇ ਵਿੱਚ ਪ੍ਰਾਪਰਟੀ ਡੀਲਰ ਹਰਜਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਟੀਮਾਂ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕਤਲਕਾਂਡ 'ਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ ਉਰਫ਼ ਬੌਬੀ ਅਤੇ ਮੋਹਿਤ ਕੁਮਾਰ (ਦੋਵੇਂ ਵਾਸੀ ਚੰਦਰਲੋਕ ਕਾਲੋਨੀ, ਲੁਧਿਆਣਾ) ਵਜੋਂ ਹੋਈ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮਨਜੀਤ ਸਿੰਘ ਉਰਫ਼ ਬੌਬੀ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਸ ਖ਼ਿਲਾਫ਼ ਪਹਿਲਾਂ ਵੀ ਇਰਾਦਾ-ਏ-ਕਤਲ ਅਤੇ ਐੱਨਡੀਪੀਐੱਸ ਐਕਟ ਵਰਗੇ ਕਈ ਸੰਗੀਨ ਮਾਮਲੇ ਦਰਜ ਹਨ ਅਤੇ ਉਹ ਸਥਾਨਕ ਗੈਂਗ ਚਲਾਉਂਦਾ ਸੀ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ ਇੱਕ 9mm ਗਲੋਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤਾ ਹੈ, ਜਿਸ ਦੀ ਫੋਰੈਂਸਿਕ ਜਾਂਚ ਕਰਵਾਈ ਜਾ ਰਹੀ ਹੈ।
ਪੁਲਿਸ ਦੀਆਂ ਸ਼ੁਰੂਆਤੀ ਜਾਂਚਾਂ ਅਨੁਸਾਰ, ਇਹ ਵਾਰਦਾਤ ਪੁਰਾਣੀ ਰੰਜਿਸ਼ ਅਤੇ ਇੱਕ ਮਾਮਲੇ ਵਿੱਚ ਰਾਜ਼ੀਨਾਮਾ ਕਰਨ ਲਈ ਬਣਾਏ ਜਾ ਰਹੇ ਦਬਾਅ ਦੇ ਚੱਲਦਿਆਂ ਅੰਜਾਮ ਦਿੱਤੀ ਗਈ ਸੀ। ਘਟਨਾ ਸਮੇਂ ਮ੍ਰਿਤਕ ਦੇ ਦੋਸਤ ਨੇ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਸੀ, ਜਿਸ 'ਤੇ ਵੀ ਸ਼ੂਟਰਾਂ ਨੇ ਗੋਲੀਆਂ ਚਲਾਈਆਂ ਸਨ। ਇਸ ਮਾਮਲੇ 'ਚ ਬਾਕੀ ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਪੰਜਾਬ ਸਮੇਤ ਹਰਿਆਣਾ, ਦਿੱਲੀ ਅਤੇ ਦੇਹਰਾਦੂਨ 'ਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।
What's Your Reaction?