ਮੋਹਨਜੀਤ ਸਿੰਘ ਪੁਲੀਸ ਤਸ਼ੱਦਦ ਮਾਮਲਾ: ‘ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਲੜਾਂਗੇ ਆਰ-ਪਾਰ ਦੀ ਲੜਾਈ
ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਮੋਹਨਜੀਤ ਸਿੰਘ ’ਤੇ ਕਥਿਤ ਪੁਲੀਸ ਤਸ਼ੱਦਦ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ। ਬਾਜਵਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਪੁਲੀਸ ਬੇਲਗਾਮ ਹੋ ਚੁੱਕੀ ਹੈ ਅਤੇ ਨਿਰਦੋਸ਼ ਨੌਜਵਾਨਾਂ ’ਤੇ ਅਣਮਨੁੱਖੀ ਅੱਤਿਆਚਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦੋਸ਼ੀ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਤੇ ਸਿਆਸੀ ਪੱਧਰ ’ਤੇ ਸੰਘਰਸ਼ ਕਰਨ ਦਾ ਅਹਿਦ ਲਿਆ।
ਸੰਗਰੂਰ ਦੇ ਨੌਜਵਾਨ ਮੋਹਨਜੀਤ ਸਿੰਘ ਉੱਤੇ ਪੁਲੀਸ ਹਿਰਾਸਤ ਦੌਰਾਨ ਹੋਏ ਕਥਿਤ ਅਣਮਨੁੱਖੀ ਤਸ਼ੱਦਦ ਦਾ ਮਾਮਲਾ ਹੁਣ ਪੂਰੀ ਤਰ੍ਹਾਂ ਭਖ ਗਿਆ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੀੜਤ ਨੌਜਵਾਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਇਨਸਾਫ਼ ਦਿਵਾਉਣ ਲਈ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ, ਦੇ ਆਪਣੇ ਹੀ ਗ੍ਰਹਿ ਜ਼ਿਲ੍ਹੇ ਵਿੱਚ ਵਾਪਰੀ ਇਸ ਘਟਨਾ ਨੂੰ ਲੈ ਕੇ ਸੂਬਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ’ਤੇ ਪੁਲੀਸ ਹਿਰਾਸਤ ਵਿੱਚ ਕੀਤਾ ਗਿਆ ਅੱਤਿਆਚਾਰ ਮਨੁੱਖੀ ਅਧਿਕਾਰਾਂ ਦੀ ਸ਼ਰੇਆਮ ਉਲੰਘਣਾ ਹੈ। ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ‘ਬਦਲਾਅ’ ਦੇ ਨਾਂ ’ਤੇ ਸੱਤਾ ਵਿੱਚ ਆਈ ਸਰਕਾਰ ਦੇ ਰਾਜ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਚੁੱਕੀ ਹੈ ਅਤੇ ਪੁਲੀਸ ਜਨਤਾ ਦੀ ਰੱਖਿਆ ਕਰਨ ਦੀ ਬਜਾਏ ਲੋਕਾਂ ’ਤੇ ਜ਼ੁਲਮ ਢਾਹ ਰਹੀ ਹੈ।
ਬਾਜਵਾ ਨੇ ਮੰਗ ਕੀਤੀ ਕਿ ਇਸ ਕਾਰੇ ਵਿੱਚ ਸ਼ਾਮਲ ਸਾਰੇ ਦੋਸ਼ੀ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਰੁੱਧ ਸਿਰਫ਼ ਵਿਭਾਗੀ ਜਾਂਚ ਜਾਂ ਮੁਅੱਤਲੀ ਦੀ ਖ਼ਾਨਾਪੂਰਤੀ ਨਾ ਕੀਤੀ ਜਾਵੇ, ਸਗੋਂ ਉਨ੍ਹਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਧਾਰਾਵਾਂ ਤਹਿਤ ਫ਼ੌਜਦਾਰੀ ਮੁਕੱਦਮੇ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਪੀੜਤ ਨੌਜਵਾਨ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ ਅਤੇ ਜੇਕਰ ਲੋੜ ਪਈ ਤਾਂ ਇਸ ਮਾਮਲੇ ਨੂੰ ਮਾਣਯੋਗ ਹਾਈ ਕੋਰਟ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਵੀ ਉਠਾਇਆ ਜਾਵੇਗਾ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਤਾਂ ਕਾਂਗਰਸ ਪਾਰਟੀ ਸੰਗਰੂਰ ਤੋਂ ਲੈ ਕੇ ਚੰਡੀਗੜ੍ਹ ਤੱਕ ਸੜਕਾਂ ’ਤੇ ਉਤਰ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗੀ ਅਤੇ ਵਿਧਾਨ ਸਭਾ ਦੇ ਅੰਦਰ ਵੀ ਸਰਕਾਰ ਨੂੰ ਇਸ ਮੁੱਦੇ ’ਤੇ ਘੇਰਿਆ ਜਾਵੇਗਾ।
What's Your Reaction?