ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: ਇਨਸਾਫ਼ ਦੀ ਲੜਾਈ ਹੋਵੇਗੀ ਵਿਸ਼ਾਲ; 'ਐਕਸ਼ਨ ਕਮੇਟੀ ਮਾਨਸਾ' ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਪੰਥਕ ਧਿਰਾਂ ਨੂੰ ਭੇਜੇਗੀ ਲਿਖਤੀ ਪੱਤਰ, ਮੁੱਖ ਮੰਤਰੀ ਦੇ ਦਾਅਵੇ ਨੂੰ ਦੱਸਿਆ ਗ਼ਲਤ
ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਇਨਸਾਫ਼ ਲੈਣ ਅਤੇ ਨਸ਼ਿਆਂ ਖ਼ਿਲਾਫ਼ ਲਹਿਰ ਨੂੰ ਤੇਜ਼ ਕਰਨ ਲਈ 'ਐਕਸ਼ਨ ਕਮੇਟੀ ਮਾਨਸਾ' ਨੇ ਸੰਘਰਸ਼ ਨੂੰ ਹੋਰ ਵਿਸ਼ਾਲ ਕਰਨ ਦਾ ਫ਼ੈਸਲਾ ਲਿਆ ਹੈ। ਕਮੇਟੀ ਵੱਲੋਂ ਪੰਜਾਬ ਦੀਆਂ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਪੰਥਕ ਜਥੇਬੰਦੀਆਂ ਨੂੰ ਰਸਮੀ ਲਿਖਤੀ ਪੱਤਰ ਭੇਜ ਕੇ ਸਾਂਝੇ ਸੰਘਰਸ਼ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਵੇਗੀ। ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਅਤੇ ਪਤਨੀ ਮਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੀ ਮਾਰ ਪੂਰੇ ਸਮਾਜ ਦਾ ਸਾਂਝਾ ਮਸਲਾ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਦਾਅਵੇ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਸਾਰੀਆਂ ਮੰਗਾਂ ਮੰਨੇ ਜਾਣ ਦੀ ਗੱਲ ਕਹੀ ਸੀ।
ਨਸ਼ਾ ਵਿਰੋਧੀ ਮੁਹਿੰਮ ਦੇ ਮੋਹਰੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਮਾਮਲੇ ਵਿੱਚ ਇਨਸਾਫ਼ ਪ੍ਰਾਪਤੀ ਲਈ ਵਿੱਢਿਆ ਗਿਆ ਸੰਘਰਸ਼ ਹੁਣ ਇੱਕ ਵਿਆਪਕ ਜਨਤਕ ਅੰਦੋਲਨ ਦਾ ਰੂਪ ਧਾਰਨ ਕਰਨ ਜਾ ਰਿਹਾ ਹੈ। ਐਕਸ਼ਨ ਕਮੇਟੀ ਮਾਨਸਾ ਨੇ ਇਸ ਮੁਹਿੰਮ ਨੂੰ ਪੰਜਾਬ ਦੇ ਹਰ ਕੋਨੇ ਅਤੇ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਵਿਸ਼ੇਸ਼ ਰਣਨੀਤੀ ਉਲੀਕੀ ਹੈ, ਜਿਸ ਤਹਿਤ ਸੂਬੇ ਭਰ ਦੀਆਂ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਪੰਥਕ ਧਿਰਾਂ ਨੂੰ ਲਿਖਤੀ ਸੱਦਾ ਪੱਤਰ ਭੇਜੇ ਜਾਣਗੇ।
ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਅਤੇ ਪਤਨੀ ਮਨਪ੍ਰੀਤ ਕੌਰ ਦੇ ਹਵਾਲੇ ਨਾਲ ਦੱਸਿਆ ਕਿ ਨਸ਼ਿਆਂ ਦੀ ਮਾਰ ਸਮੁੱਚੇ ਪੰਜਾਬ ਦਾ ਸਾਂਝਾ ਦਰਦ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਖ਼ੂਨ-ਪਸੀਨਾ ਵਹਾਉਣ ਵਾਲੇ ਮਿਹਨਤਕਸ਼ਾਂ ਤੋਂ ਲੈ ਕੇ ਸ਼ਹਿਰਾਂ ਵਿੱਚ ਦੁਕਾਨਾਂ ਚਲਾਉਣ ਵਾਲੇ ਵਪਾਰੀਆਂ ਅਤੇ ਦਫ਼ਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਤੱਕ, ਹਰ ਵਰਗ ਆਪਣੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਨੂੰ ਲੈ ਕੇ ਚਿੰਤਤ ਹੈ। ਇਸੇ ਸਾਂਝੀ ਚਿੰਤਾ ਨੂੰ ਸਾਂਝੀ ਤਾਕਤ ਵਿੱਚ ਬਦਲਣ ਲਈ ਸਮੂਹ ਜਥੇਬੰਦੀਆਂ ਨੂੰ ਪੱਤਰ ਭੇਜ ਕੇ ਮੋਰਚੇ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ।
ਪਰਵਿੰਦਰ ਝੋਟਾ ਦੀ ਧਰਮਪਤਨੀ ਮਨਪ੍ਰੀਤ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਨਸ਼ਿਆਂ ਕਾਰਨ ਜਦੋਂ ਕਿਸੇ ਘਰ ਵਿੱਚ ਸੱਥਰ ਵਿਛਦਾ ਹੈ ਤਾਂ ਉਸ ਪੀੜ ਦੀ ਗੂੰਜ ਪੂਰੇ ਸਮਾਜ ਨੂੰ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਉਨ੍ਹਾਂ ਦੇ ਘਰ ਦੀ ਨਹੀਂ, ਸਗੋਂ ਉਨ੍ਹਾਂ ਅਣਗਿਣਤ ਬੇਵੱਸ ਪਰਿਵਾਰਾਂ ਦੀ ਵੀ ਹੈ ਜਿਨ੍ਹਾਂ ਦੇ ਪੁੱਤ ਨਸ਼ਿਆਂ ਦੀ ਭੇਟ ਚੜ੍ਹ ਗਏ ਪਰ ਉਨ੍ਹਾਂ ਦੀ ਆਵਾਜ਼ ਚਾਰਦੀਵਾਰੀ ਅੰਦਰ ਹੀ ਘੁੱਟ ਕੇ ਰਹਿ ਗਈ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਉਸ ਬਿਆਨ ਨੂੰ ਬਿਲਕੁਲ ਗ਼ਲਤ ਕਰਾਰ ਦਿੱਤਾ ਜਿਸ ਵਿੱਚ ਉਨ੍ਹਾਂ ਸਾਰੀਆਂ ਮੰਗਾਂ ਮੰਨੇ ਜਾਣ ਦਾ ਦਾਅਵਾ ਕੀਤਾ ਸੀ। ਮਨਪ੍ਰੀਤ ਕੌਰ ਨੇ ਸਪੱਸ਼ਟ ਕੀਤਾ ਕਿ ਮੁੱਖ ਪ੍ਰਸ਼ਾਸਨਿਕ ਅਤੇ ਕਾਨੂੰਨੀ ਮੰਗਾਂ ਬਾਰੇ ਅਜੇ ਸਰਕਾਰ ਵੱਲੋਂ ਕੋਈ ਠੋਸ ਗੱਲਬਾਤ ਨਹੀਂ ਕੀਤੀ ਗਈ।
ਪਿਤਾ ਭੀਮ ਸਿੰਘ ਫ਼ੌਜੀ ਨੇ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਪੁੱਤਾਂ ਨੂੰ ਬਚਾਉਣ ਅਤੇ ਮਿਹਨਤ ਨਾਲ ਉਸਾਰੇ ਕਾਰੋਬਾਰਾਂ ਨੂੰ ਖ਼ੁਸ਼ਹਾਲ ਰੱਖਣ ਲਈ ਇਸ ਮੁਹਿੰਮ ਨਾਲ ਜੁੜਨ। ਇਸ ਦੌਰਾਨ ਲੰਬੀ ਬਿਮਾਰੀ ਮਗਰੋਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਨੇ ਵੀ ਪਹਿਲੀ ਵਾਰ ਧਰਨੇ ਵਿੱਚ ਸ਼ਾਮਲ ਹੋ ਕੇ ਧਰਨਾਕਾਰੀਆਂ ਨੂੰ ਸੰਬੋਧਨ ਕੀਤਾ ਅਤੇ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੇ ਦੈਂਤ ਤੋਂ ਮੁਕਤ ਕਰਵਾਉਣ ਲਈ ਸਾਂਝੇ ਅੰਦੋਲਨ ਦੀ ਲੋੜ ’ਤੇ ਜ਼ੋਰ ਦਿੱਤਾ।
What's Your Reaction?