ਪਰਵਿੰਦਰ ਸਿੰਘ ਝੋਟਾ ਮਾਮਲਾ: 5 ਨਵੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ; 100 ਤੋਂ ਵੱਧ ਜਥੇਬੰਦੀਆਂ ਦਾ ਸਾਂਝਾ ਇਕੱਠ, ਨਸ਼ਿਆਂ ਦੇ ਖ਼ਾਤਮੇ ਤੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਦੀ ਮੰਗ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਲੈਣ, ਨਸ਼ਿਆਂ ਦੀ ਮਾਰ ਰੋਕਣ ਅਤੇ ਕਥਿਤ ਸਰਕਾਰੀ ਜ਼ਬਰ ਦੇ ਵਿਰੋਧ ਵਿੱਚ 'ਐਕਸ਼ਨ ਕਮੇਟੀ' ਨੇ ਵੱਡਾ ਐਲਾਨ ਕਰਦਿਆਂ 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਹੈ। ਮਾਨਸਾ ਵਿੱਚ ਚਾਰ ਘੰਟੇ ਚੱਲੀ ਇਸ ਅਹਿਮ ਮੀਟਿੰਗ ਵਿੱਚ ਪੰਜਾਬ ਭਰ ਦੀਆਂ 100 ਤੋਂ ਵੱਧ ਕਿਸਾਨ, ਮਜ਼ਦੂਰ, ਵਿਦਿਆਰਥੀ, ਵਪਾਰੀ ਅਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਪੁਲੀਸ ਵੱਲੋਂ ਕੀਤੀਆਂ ਗ੍ਰਿਫ਼ਤਾਰੀਆਂ ਤੇ ਤਸ਼ੱਦਦ ਦੀ ਸਖ਼ਤ ਨਿਖੇਧੀ ਕਰਦਿਆਂ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਅਤੇ ਮੋਰਚੇ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਣ ਦੀ ਮੰਗ ਕੀਤੀ।

Oct 31, 2026 - 01:24
 0  0

Share -

ਪਰਵਿੰਦਰ ਸਿੰਘ ਝੋਟਾ ਮਾਮਲਾ: 5 ਨਵੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ; 100 ਤੋਂ ਵੱਧ ਜਥੇਬੰਦੀਆਂ ਦਾ ਸਾਂਝਾ ਇਕੱਠ, ਨਸ਼ਿਆਂ ਦੇ ਖ਼ਾਤਮੇ ਤੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਦੀ ਮੰਗ
Image Source Parwinder Singh Jhota Official Facebook Page

ਨਸ਼ਾ ਵਿਰੋਧੀ ਮੁਹਿੰਮ ਦੇ ਮੋਹਰੀ ਆਗੂ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਇਨਸਾਫ਼ ਪ੍ਰਾਪਤੀ ਲਈ ਚੱਲ ਰਿਹਾ ਸੰਘਰਸ਼ ਹੁਣ ਸਿੱਧਾ ਸਰਕਾਰ ਦੇ ਬਰੂਹਾਂ ਤੱਕ ਪਹੁੰਚਣ ਜਾ ਰਿਹਾ ਹੈ। ਮਾਨਸਾ ਵਿਖੇ ਐਕਸ਼ਨ ਕਮੇਟੀ ਵੱਲੋਂ ਸੱਦੀ ਗਈ ਵਿਸ਼ਾਲ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਐਲਾਨ ਕੀਤਾ ਗਿਆ ਕਿ 5 ਨਵੰਬਰ ਨੂੰ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਚਾਰ ਘੰਟੇ ਤੋਂ ਵੱਧ ਸਮਾਂ ਚੱਲੀ ਇਸ ਹੰਗਾਮੀ ਮੀਟਿੰਗ ਵਿੱਚ ਪੰਜਾਬ ਦੀਆਂ 100 ਤੋਂ ਵੱਧ ਜਨਤਕ, ਕਿਸਾਨ, ਮਜ਼ਦੂਰ, ਮੁਲਾਜ਼ਮ, ਮੁਲਾਜ਼ਮ-ਪੈਨਸ਼ਨਰ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਸਿਰਕੱਢ ਆਗੂ ਸ਼ਾਮਲ ਹੋਏ। ਮੀਟਿੰਗ ਦੌਰਾਨ ਆਗੂਆਂ ਨੇ ਸੂਬੇ ਵਿੱਚ ਲਗਾਤਾਰ ਪੈਰ ਪਸਾਰ ਰਹੇ ਨਸ਼ਿਆਂ ਦੇ ਦੈਂਤ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਹਰ ਰੋਜ਼ ਘਰਾਂ ਦੇ ਚਿਰਾਗ ਬੁੱਝ ਰਹੇ ਹਨ, ਪਰ ਸਰਕਾਰ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਅਤੇ ਇਨਸਾਫ਼ ਮੰਗ ਰਹੇ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਸੰਘਰਸ਼ੀ ਕਾਰਕੁਨਾਂ ’ਤੇ ਜਬਰ ਢਾਹ ਰਹੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੇ ਆਗੂਆਂ ’ਤੇ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ, ਬੀਕੇਯੂ ਸਿੱਧੂਪੁਰ ਦੇ ਬੋਘ ਸਿੰਘ ਮਾਨਸਾ ਤੇ ਕਾਕਾ ਸਿੰਘ ਕੋਟੜਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਡਾ. ਦਰਸ਼ਨ ਪਾਲ, ਬੀਕੇਯੂ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਡਕੌਂਦਾ (ਧਨੇਰ) ਦੇ ਕੁਲਵੰਤ ਸਿੰਘ ਕਿਸ਼ਨਗੜ੍ਹ, ਵਪਾਰ ਮੰਡਲ ਮਾਨਸਾ ਦੇ ਮੁਨੀਸ਼ ਬੱਬੀ, ਭਾਨਾ ਸਿੱਧੂ ਸਮੇਤ ਦਰਜਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਭਵਿੱਖ ਨੂੰ ਬਚਾਉਣ ਲਈ ਹੁਣ ਸਮੁੱਚੇ ਸਮਾਜ ਨੂੰ ਇੱਕ ਮੰਚ 'ਤੇ ਆਉਣਾ ਪਵੇਗਾ।

ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ 5 ਨਵੰਬਰ ਦੇ ਸੰਗਰੂਰ ਘਿਰਾਓ ਨੂੰ ਇਤਿਹਾਸਕ ਬਣਾਉਣ ਲਈ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਵਿਆਪਕ ਲਾਮਬੰਦੀ ਮੁਹਿੰਮ ਚਲਾਈ ਜਾਵੇਗੀ। ਮੋਰਚੇ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਗ੍ਰਿਫ਼ਤਾਰ ਕੀਤੇ ਗਏ ਸਮੂਹ ਆਗੂਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਅਤੇ ਨਸ਼ਿਆਂ ਵਿਰੁੱਧ ਠੋਸ ਕਾਨੂੰਨੀ ਕਦਮ ਨਾ ਚੁੱਕੇ ਗਏ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

What's Your Reaction?

like

dislike

love

funny

angry

sad

wow