ਪੰਜਾਬ ਸੀਐੱਮਓ ਕਥਿਤ ਭ੍ਰਿਸ਼ਟਾਚਾਰ ਕੇਸ: ਸੀਬੀਆਈ ਵੱਲੋਂ 'ਆਪ' ਆਗੂ ਬੀਰ ਦਵਿੰਦਰ ਸਿੰਘ ਤੋਂ 10 ਘੰਟੇ ਪੁੱਛਗਿੱਛ; 60 ਤੋਂ 70 ਸਵਾਲਾਂ ਦੇ ਦਿੱਤੇ ਜਵਾਬ, ਕਿਹਾ—'ਜਾਂਚ ਏਜੰਸੀ ਨਾਲ ਪੂਰਾ ਸਹਿਯੋਗ ਕਰਾਂਗਾ'
ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀਐੱਮਓ) ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ, ਅਧਿਕਾਰੀਆਂ ਦੇ ਤਬਾਦਲਿਆਂ ਅਤੇ ਨੀਤੀਗਤ ਫ਼ੈਸਲਿਆਂ ਵਿੱਚ ਪ੍ਰਭਾਵ ਵਰਤਣ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਆਮ ਆਦਮੀ ਪਾਰਟੀ ਦੇ ਆਗੂ ਬੀਰ ਦਵਿੰਦਰ ਸਿੰਘ ਤੋਂ ਚੰਡੀਗੜ੍ਹ ਦਫ਼ਤਰ ਵਿੱਚ ਲਗਭਗ 10 ਘੰਟੇ ਡੂੰਘੀ ਪੁੱਛਗਿੱਛ ਕੀਤੀ। ਐਤਵਾਰ ਸਵੇਰੇ 11:30 ਵਜੇ ਜਾਂਚ ਵਿੱਚ ਸ਼ਾਮਲ ਹੋਣ ਪਹੁੰਚੇ ਬੀਰ ਦਵਿੰਦਰ ਸਿੰਘ ਤੋਂ ਅਧਿਕਾਰੀਆਂ ਨੇ 60 ਤੋਂ 70 ਸਵਾਲ ਪੁੱਛੇ। ਪੁੱਛਗਿੱਛ ਮਗਰੋਂ ਬਾਹਰ ਆਏ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਜਾਂਚ ਏਜੰਸੀ ਦੇ ਸਾਰੇ ਸਵਾਲਾਂ ਦੇ ਜਵਾਬ ਦੇ ਦਿੱਤੇ ਹਨ ਅਤੇ ਭਵਿੱਖ ਵਿੱਚ ਵੀ ਜਦੋਂ ਸੀਬੀਆਈ ਸੱਦੇਗੀ, ਉਹ ਪੂਰਾ ਸਹਿਯੋਗ ਦੇਣਗੇ। ਹਾਈ ਕੋਰਟ ਦੇ ਹੁਕਮਾਂ ’ਤੇ ਦਰਜ ਇਸ ਕੇਸ ਵਿੱਚ ਮੁੱਖ ਮੰਤਰੀ ਦੇ ਓਐੱਸਡੀ ਸਮੇਤ ਛੇ ਵਿਅਕਤੀ ਨਾਮਜ਼ਦ ਹਨ।
ਮੁੱਖ ਮੰਤਰੀ ਦਫ਼ਤਰ ਪੰਜਾਬ ਨਾਲ ਜੁੜੇ ਕਥਿਤ ਰਿਸ਼ਵਤਖ਼ੋਰੀ ਅਤੇ ਪ੍ਰਬੰਧਕੀ ਦਖ਼ਲਅੰਦਾਜ਼ੀ ਦੇ ਕੇਸ ਵਿੱਚ ਸੀਬੀਆਈ ਦੀ ਕਾਰਵਾਈ ਤੇਜ਼ ਹੋ ਗਈ ਹੈ। ਇਸੇ ਸਿਲਸਿਲੇ ਵਿੱਚ ਕੇਂਦਰੀ ਜਾਂਚ ਏਜੰਸੀ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਆਗੂ ਬੀਰ ਦਵਿੰਦਰ ਸਿੰਘ ਨੂੰ ਚੰਡੀਗੜ੍ਹ ਦੇ ਸੈਕਟਰ-30 ਸਥਿਤ ਸੀਬੀਆਈ ਦਫ਼ਤਰ ਵਿਖੇ ਤਲਬ ਕੀਤਾ, ਜਿੱਥੇ ਉਨ੍ਹਾਂ ਤੋਂ ਕਰੀਬ 10 ਘੰਟੇ ਲੰਮੀ ਪੁੱਛਗਿੱਛ ਕੀਤੀ ਗਈ।
ਬੀਰ ਦਵਿੰਦਰ ਸਿੰਘ ਸਵੇਰੇ 11:30 ਵਜੇ ਦੇ ਕਰੀਬ ਆਪਣੇ ਵਕੀਲਾਂ ਨਾਲ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਦੇਰ ਸ਼ਾਮ ਸੀਬੀਆਈ ਦਫ਼ਤਰ ਤੋਂ ਬਾਹਰ ਆਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜਾਂਚ ਟੀਮ ਵੱਲੋਂ ਉਨ੍ਹਾਂ ਅੱਗੇ 60 ਤੋਂ 70 ਸਵਾਲ ਰੱਖੇ ਗਏ, ਜਿਨ੍ਹਾਂ ਦੇ ਉਨ੍ਹਾਂ ਨੇ ਤਫ਼ਸੀਲ ਨਾਲ ਜਵਾਬ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਦਾ ਪਾਲਣ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ ਅਤੇ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਾਂਚ ਏਜੰਸੀ ਵੱਲੋਂ ਜਦੋਂ ਵੀ ਅੱਗੇ ਉਨ੍ਹਾਂ ਨੂੰ ਬੁਲਾਇਆ ਜਾਵੇਗਾ, ਉਹ ਬਿਨਾਂ ਕਿਸੇ ਝਿਜਕ ਦੇ ਜਾਂਚ ਵਿੱਚ ਸ਼ਾਮਲ ਹੋਣਗੇ।
ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (ਆਫ਼ੀਸਰ ਆਨ ਸਪੈਸ਼ਲ ਡਿਊਟੀ) ਰਾਜਬੀਰ ਸਿੰਘ ਘੁੰਮਣ, ਨਿਤਿਨ ਗੋਹਲ, ਜਿਤਿਨ ਗੋਹਲ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਸਿੰਘ ਅਤੇ ਰਾਜਦੀਪ ਸਿੰਘ ਨਾਗਰਾ ਖ਼ਿਲਾਫ਼ ਕੇਸ ਦਰਜ ਕੀਤਾ ਹੋਇਆ ਹੈ। ਇਹ ਦੋਸ਼ ਐੱਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸਾਂਝੇ ਕੀਤੇ ਗਏ ਵਟਸਐਪ ਚੈਟਾਂ ਅਤੇ ਦਸਤਾਵੇਜ਼ੀ ਤੱਥਾਂ ਦੇ ਆਧਾਰ 'ਤੇ ਲਗਾਏ ਗਏ ਹਨ, ਜਿਨ੍ਹਾਂ ਵਿੱਚ ਆਈਏਐੱਸ-ਆਈਪੀਐੱਸ ਅਧਿਕਾਰੀਆਂ ਦੇ ਤਬਾਦਲਿਆਂ, ਟੈਂਡਰਾਂ ਅਤੇ ਲਾਇਸੈਂਸ ਪ੍ਰਕਿਰਿਆਵਾਂ ਵਿੱਚ ਕਥਿਤ ਗ਼ੈਰ-ਕਾਨੂੰਨੀ ਲੈਣ-ਦੇਣ ਦੀ ਗੱਲ ਕਹੀ ਗਈ ਹੈ।
ਇਸ ਤੋਂ ਪਹਿਲਾਂ ਓਐੱਸਡੀ ਰਾਜਬੀਰ ਸਿੰਘ ਘੁੰਮਣ ਤੋਂ ਵੀ ਸੀਬੀਆਈ ਨੇ ਕਈ ਘੰਟੇ ਪੁੱਛਗਿੱਛ ਕੀਤੀ ਸੀ। ਸੁਪਰੀਮ ਕੋਰਟ ਨੇ ਹਾਲਾਂਕਿ ਐੱਫ਼ਆਈਆਰ ਰੱਦ ਕਰਨ ਜਾਂ ਜਾਂਚ 'ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਮੁਲਜ਼ਮਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ 'ਤੇ ਅੰਤਰਿਮ ਰੋਕ ਲਗਾਈ ਹੋਈ ਹੈ, ਪਰ ਜਾਂਚ ਏਜੰਸੀ ਨੂੰ ਜਾਂਚ ਅੱਗੇ ਵਧਾਉਣ ਦੀ ਪੂਰੀ ਖੁੱਲ੍ਹ ਦਿੱਤੀ ਗਈ ਹੈ।
What's Your Reaction?