ਪੰਜਾਬ ’ਚ ਸਰਦੀ ਤੇ ਸੰਘਣੀ ਧੁੰਦ ਦਾ ਅਲਰਟ: ਸੂਬੇ ਦੇ 13 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੀ ਚਿਤਾਵਨੀ, ਲੁਧਿਆਣਾ 7.4 ਡਿਗਰੀ ਨਾਲ ਸਭ ਤੋਂ ਠੰਢਾ; 2 ਦਸੰਬਰ ਤੋਂ ਸਰਗਰਮ ਹੋਵੇਗੀ ਨਵੀਂ ਪੱਛਮੀ ਗੜਬੜੀ
ਦਸੰਬਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਵਧਣ ਅਤੇ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ 7.4 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਨਾਲ ਪੰਜਾਬ ਦਾ ਸਭ ਤੋਂ ਠੰਢਾ ਸ਼ਹਿਰ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੁਹਾਲੀ ਸਮੇਤ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਹਾਲਾਂਕਿ ਫ਼ਿਲਹਾਲ ਮੀਂਹ ਪੈਣ ਦੇ ਆਸਾਰ ਨਹੀਂ ਹਨ। ਵਿਭਾਗ ਮੁਤਾਬਕ 2 ਦਸੰਬਰ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਇੱਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋਵੇਗੀ, ਜਿਸ ਕਾਰਨ ਅਗਲੇ 5 ਦਿਨਾਂ ਦੌਰਾਨ ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡੀ ਤਬਦੀਲੀ ਅਤੇ ਠੰਢ ਵਿੱਚ ਹੋਰ ਵਾਧਾ ਦੇਖਣ ਨੂੰ ਮਿਲ ਸਕਦਾ ਹੈ।
ਦਸੰਬਰ ਮਹੀਨੇ ਦੀ ਆਮਦ ਵਿੱਚ ਸਿਰਫ਼ ਦੋ ਦਿਨ ਬਾਕੀ ਰਹਿਣ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਦੀ ਦੇ ਜ਼ੋਰ ਫੜਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਸੂਬੇ ਵਿੱਚ ਠੰਢ ਹੋਰ ਵਧ ਸਕਦੀ ਹੈ, ਜਦਕਿ ਐਤਵਾਰ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ (Dense Fog) ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ, ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਪਰ ਸਵੇਰ ਅਤੇ ਸ਼ਾਮ ਵੇਲੇ ਚੱਲ ਰਹੀਆਂ ਖ਼ੁਸ਼ਕ ਹਵਾਵਾਂ ਕਾਰਨ ਠੰਢ ਦਾ ਅਸਰ ਤੇਜ਼ ਹੋ ਗਿਆ ਹੈ। ਸੂਬੇ ਭਰ ਵਿੱਚੋਂ ਸਭ ਤੋਂ ਘੱਟ ਤਾਪਮਾਨ ਲੁਧਿਆਣਾ ਵਿਖੇ 7.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ 2 ਦਸੰਬਰ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਇੱਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋਣ ਜਾ ਰਹੀ ਹੈ।
ਇਨ੍ਹਾਂ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ:
ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਮੌਸਮ ਖ਼ੁਸ਼ਕ ਰਹਿਣ ਦੀ ਪੇਸ਼ੀਨਗੋਈ ਦੇ ਨਾਲ-ਨਾਲ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਏ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨ ਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ,ਐੱਸ.ਏ.ਐੱਸ. ਨਗਰ (ਮੁਹਾਲੀ) ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਸ਼ਾਮਲ ਹਨ।
ਵਿਭਾਗ ਅਨੁਸਾਰ, 2 ਦਸੰਬਰ ਤੋਂ ਸਰਗਰਮ ਹੋਣ ਵਾਲੀ ਪੱਛਮੀ ਗੜਬੜੀ ਦੇ ਪ੍ਰਭਾਵ ਸਦਕਾ ਪਹਾੜੀ ਇਲਾਕਿਆਂ ਦੇ ਮੌਸਮ ਵਿੱਚ ਤਬਦੀਲੀ ਆਵੇਗੀ। ਹਾਲਾਂਕਿ ਚੰਡੀਗੜ੍ਹ ਅਤੇ ਪੰਜਾਬ ਵਿੱਚ ਫ਼ਿਲਹਾਲ ਬਾਰਿਸ਼ ਹੋਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ, ਪਰ ਅਗਲੇ 5 ਦਿਨਾਂ ਦੌਰਾਨ ਮੈਦਾਨੀ ਇਲਾਕਿਆਂ ਦੇ ਤਾਪਮਾਨ ਅਤੇ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ।
What's Your Reaction?