ਰੇਲਵੇ ਪ੍ਰੋਜੈਕਟਾਂ 'ਚ ਦੇਰੀ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਲਟਕ ਰਹੇ ਰੇਲਵੇ ਪ੍ਰੋਜੈਕਟਾਂ ਵੱਲ ਧਿਆਨ ਦਿਵਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਜ਼ਮੀਨ ਐਕਵਾਇਰ ਕਰਨ ਵਿੱਚ ਹੋ ਰਹੀ ਦੇਰੀ ਅਤੇ ਸੂਬਾ ਸਰਕਾਰ ਦੇ ਅਸਹਿਯੋਗ ਕਾਰਨ ਪੰਜਾਬ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਰੇਲਵੇ ਪ੍ਰੋਜੈਕਟ ਰੁਕੇ ਹੋਏ ਹਨ। ਬਿੱਟੂ ਨੇ ਮੁੱਖ ਮੰਤਰੀ ਨੂੰ ਇਨ੍ਹਾਂ ਪ੍ਰੋਜੈਕਟਾਂ ਨੂੰ ਜਲਦੀ ਤੋਂ ਜਲਦੀ ਮਨਜ਼ੂਰੀ ਦੇਣ ਅਤੇ ਜ਼ਮੀਨ ਦੀ ਵੰਡ ਪ੍ਰਕਿਰਿਆ ਤੇਜ਼ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪੰਜਾਬ ਦੇ ਵਿਕਾਸ ਕਾਰਜ ਪ੍ਰਭਾਵਿਤ ਨਾ ਹੋਣ।
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਪੱਤਰ ਲਿਖ ਕੇ ਸੂਬੇ ਵਿੱਚ ਚੱਲ ਰਹੇ ਅਤੇ ਨਵੇਂ ਪ੍ਰਸਤਾਵਿਤ ਰੇਲਵੇ ਪ੍ਰੋਜੈਕਟਾਂ ਵਿੱਚ ਹੋ ਰਹੀ ਦੇਰੀ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਰੇਲ ਨੈੱਟਵਰਕ ਦੇ ਵਿਸਥਾਰ ਲਈ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕੀਤੇ ਗਏ ਕਈ ਅਹਿਮ ਪ੍ਰੋਜੈਕਟ ਜ਼ਮੀਨ ਐਕਵਾਇਰ ਨਾ ਹੋਣ ਕਾਰਨ ਰੁਕੇ ਹੋਏ ਹਨ।
ਆਪਣੇ ਪੱਤਰ ਵਿੱਚ ਕੇਂਦਰੀ ਮੰਤਰੀ ਨੇ ਜ਼ਿਕਰ ਕੀਤਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨ ਦਾ ਕਬਜ਼ਾ ਨਾ ਦਿਵਾਉਣ ਅਤੇ ਲੋੜੀਂਦੀਆਂ ਮਨਜ਼ੂਰੀਆਂ ਵਿੱਚ ਦੇਰੀ ਕਰਨ ਕਾਰਨ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਅਧੂਰੇ ਪਏ ਹਨ। ਉਨ੍ਹਾਂ ਕਿਹਾ ਕਿ ਨਵੀਆਂ ਰੇਲ ਲਾਈਨਾਂ ਵਿਛਾਉਣ, ਫਲਾਈਓਵਰਾਂ ਦੀ ਉਸਾਰੀ ਅਤੇ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਸਿੱਧਾ ਅਸਰ ਪੰਜਾਬ ਦੇ ਆਮ ਲੋਕਾਂ ਅਤੇ ਵਪਾਰ 'ਤੇ ਪੈ ਰਿਹਾ ਹੈ। ਰਵਨੀਤ ਬਿੱਟੂ ਨੇ ਚਿੱਠੀ ਰਾਹੀਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਖੁਦ ਇਸ ਮਾਮਲੇ ਦਾ ਨਿਰੀਖਣ ਕਰਨ ਅਤੇ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਰੇਲਵੇ ਪ੍ਰੋਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦੇਣ।
ਕੇਂਦਰੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ, ਪਰ ਇਸ ਲਈ ਸੂਬਾ ਸਰਕਾਰ ਦਾ ਪੂਰਾ ਸਹਿਯੋਗ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਸਰਕਾਰ ਜਲਦੀ ਤੋਂ ਜਲਦੀ ਇਨ੍ਹਾਂ ਅੜਚਨਾਂ ਨੂੰ ਦੂਰ ਕਰੇਗੀ ਤਾਂ ਜੋ ਰੇਲਵੇ ਪ੍ਰੋਜੈਕਟਾਂ ਦਾ ਕੰਮ ਸਮੇਂ ਸਿਰ ਪੂਰਾ ਕੀਤਾ ਜਾ ਸਕੇ।
What's Your Reaction?