ਸੁਖਬੀਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕੀਤੀ - Radio Haanji 1674AM

0447171674 | 0447171674 , 0393560344 | info@haanji.com.au

ਸੁਖਬੀਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕੀਤੀ

ਸੁਖਬੀਰ ਬਾਦਲ ਵੱਲੋਂ ਸਵੇਰੇ 9 ਤੋਂ 10 ਵਜੇ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਮੁੱਖ ਦਵਾਰ ’ਤੇ ਸੇਵਾਦਾਰ ਵਜੋਂ ਸੇਵਾ ਕੀਤੀ ਗਈ। ਇਸ ਉਪਰੰਤ ਉਨ੍ਹਾਂ ਵੱਲੋਂ ਅਕਾਲੀ ਲੀਡਰਸ਼ਿਪ ਨਾਲ ਬੈਠ ਕੇ ਇੱਕ ਘੰਟੇ ਲਈ ਗੁਰਬਾਣੀ ਕੀਰਤਨ ਸਰਵਣ ਕੀਤਾ ਗਿਆ।

ਸੁਖਬੀਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕੀਤੀ
ਸੁਖਬੀਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕੀਤੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹ ਲਾਏ ਜਾਣ ਮਗਰੋਂ ਅੱਜ ਸੁਖਬੀਰ ਬਾਦਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕਰਨ ਲਈ ਪੁੱਜੇ। ਇਸ ਮੌਕੇ ਹਰਸਿਮਰਤ ਬਾਦਲ, ਪੁੱਤਰ ਅਨੰਤਵੀਰ ਸਿੰਘ ਬਾਦਲ ਤੇ ਦੋਵੇਂ ਬੇਟੀਆਂ ਵੀ ਮੌਜੂਦ ਸਨ। ਸੁਖਬੀਰ ਬਾਦਲ ਵੱਲੋਂ ਸਵੇਰੇ 9 ਤੋਂ 10 ਵਜੇ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਮੁੱਖ ਦਵਾਰ ’ਤੇ ਸੇਵਾਦਾਰ ਵਜੋਂ ਸੇਵਾ ਕੀਤੀ ਗਈ। ਇਸ ਉਪਰੰਤ ਉਨ੍ਹਾਂ ਵੱਲੋਂ ਅਕਾਲੀ ਲੀਡਰਸ਼ਿਪ ਨਾਲ ਬੈਠ ਕੇ ਇੱਕ ਘੰਟੇ ਲਈ ਗੁਰਬਾਣੀ ਕੀਰਤਨ ਸਰਵਣ ਕੀਤਾ ਗਿਆ। ਇਸ ਉਪਰੰਤ ਸੁਖਬੀਰ ਬਾਦਲ, ਉਨ੍ਹਾਂ ਦੇ ਪਰਿਵਾਰ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਲੰਗਰ ਹਾਲ ਵਿੱਚ ਇੱਕ ਘੰਟਾ ਜੂਠੇ ਬਰਤਨਾਂ ਦੀ ਸੇਵਾ ਕੀਤੀ।

ਦੂਜੇ ਪਾਸੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ ਤੇ ਦਰਬਾਰਾ ਸਿੰਘ ਗੁਰੂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਖਾਨਿਆਂ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਪੁਲੀਸ ਵੱਲੋਂ ਤਕਰੀਬਨ 400 ਮੁਲਾਜ਼ਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਆਸ-ਪਾਸ ਲਾਏ ਗਏ ਸਨ ਜਦਕਿ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ 100 ਦੇ ਕਰੀਬ ਜਵਾਨ ਵੀ ਪਹਿਰੇ ’ਤੇ ਤਾਇਨਾਤ ਸਨ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਅਰਸ਼ਦੀਪ ਕਲੇਰ, ਐੱਨ ਕੇ ਸ਼ਰਮਾ ਤੇ ਸਰਬਜੀਤ ਸਿੰਘ ਝਿੰਜਰ ਨੇ ਬੀਤੇ ਦਿਨੀਂ ਸੁਖਬੀਰ ਬਾਦਲ ’ਤੇ ਹੋਏ ਹਮਲੇ ਨੂੰ ਵੱਡੀ ਸਾਜਿਸ਼ ਕਰਾਰ ਦਿੰਦਿਆਂ ਕਿਹਾ ਕਿ ਪੁਲੀਸ, ਖੁਫ਼ੀਆਤੰਤਰ ਅਤੇ ਸਰਕਾਰ ਦੀ ਨਾਲਾਇਕੀ ਕਾਰਨ ਇਹ ਹਮਲਾ ਹੋਇਆ ਹੈ। ਸੁਖਬੀਰ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮਿਲਣ ਪੁੱਜੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਸਾਬਕਾ ਮੰਤਰੀ ਤੀਕਸ਼ਣ ਸੂਦ ਨੇ ਕਿਹਾ ਕਿ ਇਸ ਹਮਲੇ ਦੀ ਉਹ ਨਿਖੇਧੀ ਕਰਦੇ ਹਨ।

ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਾਈ ਗਈ ਸੇਵਾ ਅਨੁਸਾਰ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾਉਣ ਲਈ ਨਹੀਂ ਪੁੱਜੇ। ਉਨ੍ਹਾਂ ਦੇ ਕਰੀਬੀ ਸਾਥੀ ਤੇ ਸਾਬਕਾ ਫੈੱਡਰੇਸ਼ਨ ਆਗੂ ਭੁਪਿੰਦਰ ਸਿੰਘ ਬਜਰੂੜ ਨੇ ਦੱਸਿਆ ਕਿ ਸ੍ਰੀ ਢੀਂਡਸਾ ਸਿਹਤ ਠੀਕ ਨਾ ਹੋਣ ਕਾਰਨ ਜਿੱਥੇ ਅੱਜ ਵੀ ਸੇਵਾ ਨਹੀਂ ਨਿਭਾਅ ਸਕੇ, ਉੱਥੇ ਉਹ 6 ਦਸੰਬਰ ਨੂੰ ਵੀ ਸ੍ਰੀ ਆਨੰਦਪੁਰ ਸਾਹਿਬ ਨਹੀਂ ਆ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਨਾਸਾਜ਼ ਹੋਣ ਕਾਰਨ ਉਨ੍ਹਾਂ ਦਾ ਖੂਨ ਦਾ ਦਬਾਅ ਤੇ ਸ਼ੂਗਰ ਦਾ ਪੱਧਰ ਠੀਕ ਨਹੀਂ ਹੈ। ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦੱਸ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 7 ਦਸੰਬਰ ਨੂੰ ਸ੍ਰੀ ਢੀਂਡਸਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਾਜ਼ਰ ਹੋਣਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਨਿਭਾਉਣਗੇ।

Facebook Instagram Youtube Android IOS